- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੋਟੋ ਵੋਟਰ ਸੂਚੀਆਂ ਦੀ ਡ੍ਰਾਫਟ ਰੋਲ ਦੀ ਮੁਢਲੀ ਪ੍ਰਕਾਸ਼ਨਾ ਸਬੰਧੀ ਜ਼ਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ 'ਤੇ ਵਿਧਾਨਸਭਾ ਹਲਕਾ 102- ਭਦੌੜ,103- ਬਰਨਾਲਾ ਤੇ 104-ਮਹਿਲ ਕਲਾਂ ਦੀਆਂ ਫੋਟੋ ਵੋਟਰ ਸੂਚੀਆਂ ਦੀ ਡ੍ਰਾਫਟ ਰੋਲ ਦੀ ਪ੍ਰਕਾਸ਼ਨਾ ਸਬੰਧੀ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫੋਟੋ ਵੋਟਰ ਸੂਚੀਆਂ ਦਾ ਇੱਕ ਇੱਕ ਸੈੱਟ ਤੇ ਇੱਕ ਇੱਕ ਸੀ.ਡੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 11 ਦਸੰਬਰ 2026 ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਤਾਰੀਖ 28 ਦਸੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 04 ਜਨਵਰੀ 2027 ਨੂੰ ਕਰਵਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਦੀ ਪੜਤਾਲ ਆਪਣੇ ਬੂਥ ਲੈਵਲ ਏਜੰਟਾਂ ਤੋਂ ਕਰਵਾ ਲਈ ਜਾਵੇ। ਜੇਕਰ ਕਿਸੇ ਯੋਗ ਵਿਅਕਤੀ ਦੀ ਵੋਟ ਸ਼ਾਮਲ ਨਹੀਂ ਹੈ ਤਾਂ ਉਹ 11-12-2026 ਤੱਕ ਫਾਰਮ ਨੰਬਰ 6 ਭਰ ਕੇ ਸਬੰਧਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟ ’ਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਫਟ ਹੋ ਚੁੱਕੇ ਜਾਂ ਜਿੰਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਫਾਰਮ ਨੰਬਰ 7 ਭਰਕੇ ਵੋਟ ਕਟਵਾ ਸਕਦੇ ਹਨ।
ਉਕਤ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵਲੋਂ 18-19 ਸਾਲ ਦੇ ਯੁਵਾ ਵਰਗ ਨੂੰ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਹਰੀ ਰਾਮ ਅਤੇ ਹਾਕਮ ਸਿੰਘ, ਆਮ ਆਦਮੀ ਪਾਰਟੀ ਤੋਂ ਪਰਮਿੰਦਰ ਸਿੰਘ ਭੰਗੂ, ਕਾਂਗਰਸ ਪਾਰਟੀ ਤੋਂ ਗਿਰਧਰ ਮਿੱਤਲ ਅਤੇ ਰਜਿੰਦਰ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਰਾਮ ਲਾਲ ਹਾਜ਼ਰ ਸਨ।