- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਵੱਲੋਂ ਜਿੱਥੇ ''ਪੰਜਾਬ ਮੰਗਦਾ ਇਨਸਾਫ'' ਅਤੇ ''ਜਵਾਨੀ ਸੰਭਾਲ ਯਾਤਰਾ'' (ਸਾਈਕਲ ਯਾਤਰਾ) ਰਾਹੀਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹਨ, ਉੱਥੇ ਭਾਰਤੀ ਜਨਤਾ ਪਾਰਟੀ ਨੇ ਵੀ ਹੁਣ ਧਾਰਮਿਕ ਅਤੇ ਸਮਾਜਿਕ ਮੁੱਦੇ ਨੂੰ ਕੇਂਦਰ ਵਿਚ ਰੱਖ ਕੇ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ ਹੁਣ ਤੋਂ ਹੀ ਗਰਮਾਉਣ ਲੱਗਾ ਹੈ। ਸਿਆਸੀ ਪਾਰਟੀਆਂ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਆਪੋ-ਆਪਣੇ ਮੁੱਦਿਆਂ ਨੂੰ ਉਭਾਰਨ ਲਈ ਯਾਤਰਾਵਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਿੱਥੇ ''ਪੰਜਾਬ ਮੰਗਦਾ ਇਨਸਾਫ'' ਅਤੇ ''ਜਵਾਨੀ ਸੰਭਾਲ ਯਾਤਰਾ'' (ਸਾਈਕਲ ਯਾਤਰਾ) ਰਾਹੀਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹਨ, ਉੱਥੇ ਭਾਰਤੀ ਜਨਤਾ ਪਾਰਟੀ ਨੇ ਵੀ ਹੁਣ ਧਾਰਮਿਕ ਅਤੇ ਸਮਾਜਿਕ ਮੁੱਦੇ ਨੂੰ ਕੇਂਦਰ ਵਿਚ ਰੱਖ ਕੇ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ ਭਾਜਪਾ ਵੱਲੋਂ 18 ਨਵੰਬਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਤੋਂ ਉੱਤਰ ਪ੍ਰਦੇਸ਼ ਦੇ ਮਥੁਰਾ ਤੱਕ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਮਥੁਰਾ ਵਿਖੇ ਇਸ ਯਾਤਰਾ ਦਾ ਸਵਾਗਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਵੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਚੁੱਕੇ ਹਨ।
ਦਿਲਚਸਪ ਗੱਲ ਇਹ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਾਲ ਭਰ ਵੱਖ-ਵੱਖ ਸਮਾਗਮ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸੇ ਦੌਰਾਨ ਭਾਜਪਾ ਵੱਲੋਂ ਡੇਰਾ ਬੱਲਾਂ ਤੋਂ ਮਥੁਰਾ ਤੱਕ ਯਾਤਰਾ ਕੱਢਣ ਦਾ ਫੈਸਲਾ ਕਰਨਾ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਦੀ ਰਾਜਨੀਤੀ ਵਿਚ ਦੋਆਬਾ ਖੇਤਰ ਅਤੇ ਖ਼ਾਸ ਕਰਕੇ ਜਲੰਧਰ ਦਾ ਆਪਣਾ ਵਿਸ਼ੇਸ਼ ਮਹੱਤਵ ਹੈ। ਅਜਿਹੇ ਵਿਚ ਡੇਰਾ ਬੱਲਾਂ ਤੋਂ ਯਾਤਰਾ ਦੀ ਸ਼ੁਰੂਆਤ ਕਰਨਾ ਭਾਜਪਾ ਦੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸਭ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲਾ ਸੂਬਾ ਹੈ। ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਇਸ ਵੋਟ ਬੈਂਕ ’ਤੇ ਟਿਕੀ ਹੋਈ ਹੈ। ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨੂੰ ਭਾਰਤ ਸਰਕਾਰ ਵੱਲੋਂ ਪਹਿਲਾਂ ਹੀ ਪਦਮਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਜਾ ਚੁੱਕਾ ਹੈ।
ਇਸ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚਾਰ ਵੱਖ-ਵੱਖ ਯਾਤਰਾਵਾਂ ਕੱਢੀਆਂ ਜਾ ਚੁੱਕੀਆਂ ਹਨ। ਇਨ੍ਹਾਂ ਯਾਤਰਾਵਾਂ ਰਾਹੀਂ ਪਾਰਟੀ ਨੇ ਸੂਬੇ ਵਿਚ ਨਸ਼ਿਆਂ ਦੇ ਮੁੱਦੇ ਨੂੰ ਉਭਾਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਸੀ। ਹੁਣ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨਾਲ ਸਬੰਧਤ ਯਾਤਰਾ ਰਾਹੀਂ ਭਾਜਪਾ ਆਪਣੀ ਸਿਆਸੀ ਪਹੁੰਚ ਨੂੰ ਹੋਰ ਵਧਾਉਣ ਦੀ ਕੋਸ਼ਿਸ਼ ਕਰੇਗੀ। ਕੁੱਲ ਮਿਲਾ ਕੇ ਵਿਧਾਨ ਸਭਾ ਚੋਣਾਂ ਵਿਚ ਅਜੇ ਸਮਾਂ ਹੋਣ ਦੇ ਬਾਵਜੂਦ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਾਂਗਰਸ, ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਮੁਕਾਬਲਾ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖਾ ਹੋਣ ਦੇ ਆਸਾਰ ਹਨ। ਯਾਤਰਾਵਾਂ ਦੇ ਇਸ ਸਿਆਸੀ ਦੌਰ ਵਿਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਿਹੜੀ ਪਾਰਟੀ ਲੋਕਾਂ ਵਿਚ ਆਪਣੀ ਪਕੜ ਮਜ਼ਬੂਤ ਕਰਨ ਵਿਚ ਕਿੰਨੀ ਕਾਮਯਾਬ ਰਹਿੰਦੀ ਹੈ।