ਪਲਾਸਟਿਕ ਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਵਾਤਾਵਰਨ ਦੀ ਸੰਭਾਲ ਸਾਡਾ ਸਾਂਝਾ ਫ਼ਰਜ਼ : ਸਮਾਜ ਸੇਵੀਵਾਹਨਾਂ ਦੀ ਵਰਤੋਂ, ਪਲਾਸਟਿਕ ਅਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ
Publish Date: Fri, 13 Nov 2026 03:35 PM (IST)
Updated Date: Fri, 13 Nov 2026 03:36 PM (IST)
ਵਾਤਾਵਰਨ ਦੀ ਸੰਭਾਲ ਸਾਡਾ ਸਾਂਝਾ ਫ਼ਰਜ਼ : ਸਮਾਜ ਸੇਵੀਵਾਹਨਾਂ ਦੀ ਵਰਤੋਂ, ਪਲਾਸਟਿਕ ਅਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਦਿਨੋ-ਦਿਨ ਵਿਗੜ ਰਹੀ ਵਾਤਾਵਰਨ ਦੀ ਸਥਿਤੀ ਅੱਜ ਸਮੁੱਚੀ ਮਨੁੱਖਤਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਹਵਾ, ਪਾਣੀ ਅਤੇ ਧਰਤੀ ਦਾ ਲਗਾਤਾਰ ਪ੍ਰਦੂਸ਼ਿਤ ਹੋਣਾ ਨਾ ਸਿਰਫ਼ ਮਨੁੱਖੀ ਸਿਹਤ ਲਈ ਖ਼ਤਰਾ ਬਣ ਰਿਹਾ ਹੈ, ਸਗੋਂ ਇਸ ਦਾ ਮਾੜਾ ਪ੍ਰਭਾਵ ਪਸ਼ੂ-ਪੰਛੀਆਂ, ਜੀਵ-ਜੰਤੂਆਂ ਅਤੇ ਕੁਦਰਤੀ ਸੰਤੁਲਨ ਉੱਤੇ ਵੀ ਪੈ ਰਿਹਾ ਹੈ। ਵਧਦੀ ਆਬਾਦੀ, ਉਦਯੋਗਿਕ ਇਕਾਈਆਂ ਵਿੱਚੋਂ ਨਿਕਲਣ ਵਾਲਾ ਧੂੰਆਂ, ਵਾਹਨਾਂ ਦੀ ਵਧਦੀ ਗਿਣਤੀ, ਪਲਾਸਟਿਕ ਦੀ ਬੇਤਹਾਸ਼ਾ ਵਰਤੋਂ, ਕੂੜੇ ਦੇ ਢੇਰ ਅਤੇ ਪਰਾਲੀ ਸਾੜਨ ਵਰਗੀਆਂ ਸਮੱਸਿਆਵਾਂ ਵਾਤਾਵਰਨ ਨੂੰ ਦੂਸ਼ਿਤ ਕਰਨ ਦੇ ਮੁੱਖ ਕਾਰਨ ਬਣ ਰਹੀਆਂ ਹਨ। ਵਾਤਾਵਰਨ ਦੀ ਸੰਭਾਲ ਕੇਵਲ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਅਤੇ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਜੇਕਰ ਅਸੀਂ ਅੱਜ ਤੋਂ ਹੀ ਆਪਣੀਆਂ ਰੋਜ਼ਾਨਾ ਦੀਆਂ ਆਦਤਾਂ ਵਿੱਚ ਸੁਧਾਰ ਕਰੀਏ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਵੱਲ ਗੰਭੀਰਤਾ ਨਾਲ ਧਿਆਨ ਦੇਈਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕਦਾ ਹੈ। ਇਸ ਸਬੰਧੀ ਕੁਝ ਸਮਾਜ ਸੇਵੀਆਂ ਅਤੇ ਜਾਗਰੂਕ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਾਤਾਵਰਨ ਦੀ ਸੁਰੱਖਿਆ ਲਈ ਸਾਂਝੇ ਯਤਨਾਂ ਦੀ ਲੋੜ ਤੇ ਜ਼ੋਰ ਦਿੱਤਾ। ਵਾਹਨਾਂ ਤੇ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਲੋੜ : ਸ਼ੇਖਰ ਸ਼ਰਮਾ -ਉੱਘੇ ਸਮਾਜ ਸੇਵੀ ਸ਼ੇਖਰ ਸ਼ਰਮਾ ਜੈਤੋ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਮਨੁੱਖ ਦੀ ਬਦਲ ਰਹੀ ਜੀਵਨਸ਼ੈਲੀ ਵੀ ਵਾਤਾਵਰਨ ਪ੍ਰਦੂਸ਼ਣ ਦਾ ਇੱਕ ਅਹਿਮ ਕਾਰਨ ਬਣਦੀ ਜਾ ਰਹੀ ਹੈ। ਨਿੱਜੀ ਵਾਹਨਾਂ ਦੀ ਵਧਦੀ ਗਿਣਤੀ, ਪਲਾਸਟਿਕ ਦੀ ਬੇਲੋੜੀ ਵਰਤੋਂ, ਬਿਜਲੀ ਦੀ ਬਰਬਾਦੀ ਅਤੇ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਛੋਟੀਆਂ-ਛੋਟੀਆਂ ਤਬਦੀਲੀਆਂ ਆਪਣੀ ਜ਼ਿੰਦਗੀ ਵਿੱਚ ਲਿਆਵੇ ਤਾਂ ਵਾਤਾਵਰਨ ਪ੍ਰਦੂਸ਼ਣ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੰਭਵ ਹੋਵੇ, ਨਿੱਜੀ ਵਾਹਨਾਂ ਦੀ ਬਜਾਏ ਜਨਤਕ ਆਵਾਜਾਈ, ਸਾਈਕਲ ਜਾਂ ਪੈਦਲ ਚੱਲਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸੇ ਤਰ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਬਿਜਲੀ ਅਤੇ ਪਾਣੀ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਨਾਲ-ਨਾਲ ਕੂੜੇ ਦਾ ਸਹੀ ਨਿਪਟਾਰਾ ਕਰਨਾ ਵੀ ਬਹੁਤ ਜ਼ਰੂਰੀ ਹੈ। ਸ਼ੇਖਰ ਸ਼ਰਮਾ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਸਿਰਫ਼ ਦੂਜਿਆਂ ਨੂੰ ਨਸੀਹਤਾਂ ਦੇਣ ਦੀ ਬਜਾਏ ਹਰੇਕ ਵਿਅਕਤੀ ਨੂੰ ਖ਼ੁਦ ਅਮਲ ਕਰਕੇ ਦੂਜਿਆਂ ਲਈ ਮਿਸਾਲ ਬਣਨਾ ਚਾਹੀਦਾ ਹੈ। ਸਾਫ਼ ਹਵਾ ਤੇ ਪਾਣੀ ਦੀ ਸੰਭਾਲ ਜ਼ਰੂਰੀ : ਡਾ. ਗੁਰਚਰਨ ਭਗਤੂਆਣਾ -ਪ੍ਰਸਿੱਧ ਸਮਾਜ ਸੇਵਕ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਵਾਤਾਵਰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ, ਵਾਹਨਾਂ ਕਾਰਨ ਵਧ ਰਿਹਾ ਹਵਾ ਪ੍ਰਦੂਸ਼ਣ, ਗੰਦੇ ਪਾਣੀ ਦੀ ਬਿਨਾਂ ਸਹੀ ਨਿਕਾਸੀ ਅਤੇ ਥਾਂ-ਥਾਂ ਲੱਗੇ ਕੂੜੇ ਦੇ ਢੇਰ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਹਨ। ਜੇਕਰ ਸਮੇਂ ਸਿਰ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਹੋਰ ਵੀ ਗੰਭੀਰ ਸਿੱਟੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਅਤੇ ਸ਼ੁੱਧ ਪਾਣੀ ਹਰ ਮਨੁੱਖ ਦੀ ਮੁੱਢਲੀ ਲੋੜ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਲਈ ਸਾਂਝੇ ਉਪਰਾਲੇ ਕਰਨੇ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਉਦਯੋਗਿਕ ਇਕਾਈਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਤੇ ਕੂੜੇ ਦੇ ਨਿਪਟਾਰੇ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਸਕੂਲਾਂ, ਕਾਲਜਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵਾਤਾਵਰਨ ਸਬੰਧੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਲੋਕਾਂ ਨੂੰ ਇਹ ਸਮਝਣਾ ਪਵੇਗਾ ਕਿ ਵਾਤਾਵਰਨ ਦੀ ਸੰਭਾਲ ਅਸਲ ਵਿੱਚ ਆਪਣੇ ਜੀਵਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਸੰਭਾਲ ਹੈ। ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਕਿਸਾਨ : ਮੋਨੂ ਜੈਤੋ ਕੁਦਰਤ ਪ੍ਰੇਮੀ ਮਨਜਿੰਦਰ ਸਿੰਘ ਭੰਗੂ ਮੋਨੂ ਜੈਤੋ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਖ਼ਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੇ ਪੱਧਰ ਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਦਾ ਸਿੱਧਾ ਮਾੜਾ ਪ੍ਰਭਾਵ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਸਿਹਤ ਉੱਤੇ ਪੈਂਦਾ ਹੈ। ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲਾ ਧੂੰਆਂ ਵਾਤਾਵਰਨ ਵਿੱਚ ਜ਼ਹਿਰੀਲੇ ਤੱਤਾਂ ਦੀ ਮਾਤਰਾ ਵਧਾਉਣ ਦੇ ਨਾਲ-ਨਾਲ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਲ ਬਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀਬਾੜੀ ਤਕਨੀਕਾਂ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਅਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਮਨਜਿੰਦਰ ਸਿੰਘ ਭੰਗੂ ਮੋਨੂ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੀਆਂ ਮਸ਼ੀਨਾਂ, ਤਕਨੀਕੀ ਜਾਣਕਾਰੀ ਅਤੇ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣੀ ਵੀ ਬੇਹੱਦ ਜ਼ਰੂਰੀ ਹੈ। ਜੇਕਰ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਣ ਅਤੇ ਉਹ ਵੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਤਾਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਹੈ। ਬੂਟੇ ਲਗਾਉਣ ਦੇ ਨਾਲ ਸੰਭਾਲ ਵੀ ਜ਼ਰੂਰੀ : ਗੋਰਾ ਢੱਲਾ ਉੱਦਮ ਕਲੱਬ ਜੈਤੋ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਗੋਰਾ ਢੱਲਾ ਨੇ ਕਿਹਾ ਕਿ ਦਿਨੋ-ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਹਵਾ, ਪਾਣੀ ਅਤੇ ਧਰਤੀ ਦਾ ਪ੍ਰਦੂਸ਼ਿਤ ਹੋਣਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਸਮੁੱਚੇ ਕੁਦਰਤੀ ਜੀਵਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਅਜਿਹੇ ਹਾਲਾਤ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ। ਪਰ ਸਿਰਫ਼ ਬੂਟੇ ਲਗਾ ਕੇ ਫੋਟੋਆਂ ਖਿਚਵਾਉਣਾ ਜਾਂ ਮੁਹਿੰਮ ਦਾ ਹਿੱਸਾ ਬਣਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਵੱਡੇ ਹੋਣ ਤੱਕ ਪਾਣੀ ਦੇਣਾ, ਪਸ਼ੂਆਂ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਨਾ ਵੀ ਲਾਜ਼ਮੀ ਹੈ। ਜਗਦੇਵ ਸਿੰਘ ਗੋਰਾ ਢੱਲਾ ਨੇ ਕਿਹਾ ਕਿ ਦਰੱਖਤ ਸਾਨੂੰ ਸ਼ੁੱਧ ਹਵਾ ਦੇਣ ਦੇ ਨਾਲ-ਨਾਲ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋਂ ਘਟਾਉਣ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ, ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਵੀ ਲੋੜ ਹੈ। ਵਾਤਾਵਰਨ ਦੀ ਰਾਖੀ ਲਈ ਲੋਕਾਂ ਨੂੰ ਸਾਂਝੇ ਯਤਨਾਂ ਦੀ ਅਪੀਲ ਅੰਤ ਵਿੱਚ ਇਨ੍ਹਾਂ ਸ਼ਖ਼ਸੀਅਤਾਂ ਨੇ ਸਾਂਝੇ ਤੌਰ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੁਰੱਖਿਆ ਨੂੰ ਸਿਰਫ਼ ਕਿਸੇ ਇੱਕ ਦਿਨ ਜਾਂ ਵਿਸ਼ੇਸ਼ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਹਿੱਸਾ ਬਣਾਇਆ ਜਾਵੇ। ਸਾਨੂੰ ਇਹ ਗੱਲ ਕਦੇ ਨਹੀਂ ਭੁੱਲਣੀ ਚਾਹੀਦੀ ਕਿ ਕੁਦਰਤ ਦੀ ਰੱਖਿਆ ਕਰਨਾ ਆਪਣੇ ਆਪ ਦੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਕਰਨਾ ਹੈ। ਜੇਕਰ ਅੱਜ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਾਂਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ, ਸ਼ੁੱਧ ਪਾਣੀ ਅਤੇ ਹਰਿਆ-ਭਰਿਆ ਵਾਤਾਵਰਨ ਦੇ ਸਕਾਂਗੇ।