ਸਪੀਕਰ ਸੰਧਵਾਂ ਨੇ ਆਂਗਨਵਾੜੀ ਵਰਕਰਾਂ ਦੇ ਕਾਰਜ ਦੀ ਕੀਤੀ ਸ਼ਲਾਘਾ 55 ਹਜ਼ਾਰ ਤੋਂ ਵੱਧ ਫਾਰਮ ਭਰ ਕੇ ਆਂਗਣਵਾੜੀ ਵਰਕਰਾਂ ਨੇ ਮਾਵਾਂ-ਧੀਆਂ ਯੋਜਨਾ ਨੂੰ ਘਰ-ਘਰ ਪਹੁੰਚਾਇਆ : ਸੰਧਵਾਂ
Publish Date: Fri, 13 Nov 2026 05:16 PM (IST)
Updated Date: Fri, 13 Nov 2026 05:18 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਯੋਜਨਾਵਾਂ ਨੂੰ ਕਾਗਜ਼ਾਂ ਤੋਂ ਕੱਢ ਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਲਾਗੂਕਰਨ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਇਸੇ ਭੂਮਿਕਾ ਨੂੰ ਮਾਨਤਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੀਆਂ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਆਪਣੇ ਕੈਂਪ ਆਫ਼ਿਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੋਜਨਾ ਤਹਿਤ ਫਾਰਮ ਭਰਨ ਅਤੇ ਲਾਭਪਾਤਰੀਆਂ ਤੱਕ ਸਰਕਾਰੀ ਸਹੂਲਤ ਪਹੁੰਚਾਉਣ ਸਬੰਧੀ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ 154 ਆਂਗਣਵਾੜੀ ਵਰਕਰਾਂ ਨੇ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਕੁੱਲ 55,419 ਫਾਰਮ ਭਰੇ ਹਨ। ਇਸ ਕਾਰਜ ਬਦਲੇ ਇਨ੍ਹਾਂ ਵਰਕਰਾਂ ਨੂੰ 13 ਲੱਖ 85 ਹਜ਼ਾਰ 475 ਰੁਪਏ ਦੀ ਸਨਮਾਨ ਰਾਸ਼ੀ ਜਾਰੀ ਕੀਤੀ ਜਾਵੇਗੀ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਸਨਮਾਨ ਦੇਣ ਲਈ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਯੋਜਨਾ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਯਤਨਾਂ ਨਾਲ ਮਾਵਾਂ ਅਤੇ ਧੀਆਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੀ ਹੈ। ਸਪੀਕਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਹਨ। ਉਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਤੇ ਲਾਭ ਘਰ-ਘਰ ਤੱਕ ਪਹੁੰਚਾਉਂਦੀਆਂ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਨੂੰ ਪਛਾਣਨਾ ਅਤੇ ਬਣਦਾ ਮਾਣ-ਸਨਮਾਨ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨਾ ਹੈ। ਮਾਵਾਂ, ਧੀਆਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਸਥਾਨਕ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਨੂੰ ਵੀ ਹੁਲਾਰਾ ਦਿੰਦੀਆਂ ਹਨ। ਇਸ ਨਾਲ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਆਰਥਿਕ ਲਾਭ ਮਿਲਦਾ ਹੈ। ਮੀਟਿੰਗ ਦੌਰਾਨ ਮੈਡਮ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਰੀਦਕੋਟ ਰਤਨਦੀਪ ਸੰਧੂ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕੋਟਕਪੂਰਾ ਰਜਵੰਤ ਕੌਰ, ਸਮੂਹ ਸੁਪਰਵਾਈਜ਼ਰ ਅਤੇ ਕੋਟਕਪੂਰਾ ਦਾ ਕਲੈਰੀਕਲ ਸਟਾਫ਼ ਵੀ ਹਾਜ਼ਰ ਸੀ।