ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ
Publish Date: Fri, 13 Nov 2026 05:17 PM (IST)
Updated Date: Fri, 13 Nov 2026 05:18 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ, ਜ਼ਮੀਨੀ ਪੱਧਰ ਤੇ ਵਰਕਰਾਂ ਦੀ ਭੂਮਿਕਾ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਪਾਰਟੀ ਹਾਈਕਮਾਂਡ ਵੱਲੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮੁੜ ਉਨ੍ਹਾਂ ਤੇ ਭਰੋਸਾ ਪ੍ਰਗਟਾਉਣਾ ਹਲਕੇ ਦੇ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਲਈ ਖ਼ੁਸ਼ੀ ਦਾ ਵਿਸ਼ਾ ਹੈ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਨੂੰ ਤੀਜੀ ਵਾਰ ਪਾਰਟੀ ਉਮੀਦਵਾਰ ਬਣਾਇਆ ਜਾਣਾ ਉਨ੍ਹਾਂ ਦੀ ਸਿਆਸੀ ਯਾਤਰਾ, ਤਜਰਬੇ ਅਤੇ ਹਲਕੇ ਦੇ ਲੋਕਾਂ ਨਾਲ ਬਣੇ ਮਜ਼ਬੂਤ ਸਬੰਧਾਂ ਪ੍ਰਤੀ ਪਾਰਟੀ ਹਾਈਕਮਾਂਡ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸਾਦਗੀ ਭਰੇ ਅਤੇ ਮਿਲਾਪੜੇ ਸੁਭਾਅ ਸਦਕਾ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਿਆ ਹੈ। ਉਹ ਪਹਿਲਾਂ ਦੋ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਕੋਟਕਪੂਰਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਮੌਜੂਦਾ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ, ਆਪਸੀ ਸਹਿਯੋਗ ਅਤੇ ਜਥੇਬੰਦਕ ਇਕਜੁੱਟਤਾ ਬੇਹੱਦ ਜ਼ਰੂਰੀ ਹੈ। ਇਸ ਸੰਦਰਭ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਆਪਸੀ ਤਾਲਮੇਲ ਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਵੱਲੋਂ ਦਿੱਤੇ ਪਿਆਰ, ਸਤਿਕਾਰ ਅਤੇ ਮਾਣ-ਸਨਮਾਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਲਛਮਣ ਸ਼ਰਮਾ ਵੱਲੋਂ ਮਿਲਿਆ ਆਪਣਾਪਣ ਅਤੇ ਸਨੇਹ ਉਨ੍ਹਾਂ ਲਈ ਹਮੇਸ਼ਾ ਯਾਦਗਾਰ ਰਹੇਗਾ।