- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ ’ਚ ਸਰਕਾਰ ਫੇਲ੍ਹ : ਲਾਲੀ ਬਰਾੜ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨੌਜਵਾਨ ਕਿਸੇ ਵੀ ਦੇਸ਼ ਅਤੇ ਸੂਬੇ ਦਾ ਸੁਨਹਿਰੀ ਭਵਿੱਖ ਹੁੰਦੇ ਹਨ, ਪਰ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਚਲਨ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਚੰਦਭਾਨ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਵੱਡੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਅਤੇ ਉਮੀਦ ਕੀਤੀ ਸੀ ਕਿ ਸੂਬੇ ਵਿੱਚ ਨਸ਼ਿਆਂ ਦਾ ਖ਼ਾਤਮਾ ਹੋਵੇਗਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ। ਪਰ ਮੌਜੂਦਾ ਹਾਲਾਤ ਲੋਕਾਂ ਦੀਆਂ ਉਮੀਦਾਂ ਦੇ ਉਲਟ ਨਜ਼ਰ ਆ ਰਹੇ ਹਨ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਕਈ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ ਅਤੇ ਅਨੇਕਾਂ ਪਰਿਵਾਰ ਇਸ ਸਮਾਜਿਕ ਬੁਰਾਈ ਕਾਰਨ ਦੁੱਖਾਂ ਦਾ ਸਾਹਮਣਾ ਕਰ ਰਹੇ ਹਨ। ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਇਹ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਸਮੇਂ ਸਿਰ ਇਸ ਵਿਰੁੱਧ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਸਿੱਟੇ ਹੋਰ ਵੀ ਘਾਤਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਐਲਾਨਾਂ ਅਤੇ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹੋਰ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿੱਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਅਪਰਾਧਾਂ ਨੂੰ ਠੱਲ੍ਹ ਪਾਉਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪ੍ਰਭਾਵਸ਼ਾਲੀ ਨੀਤੀ ਬਣਾ ਕੇ ਉਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।