ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ ਸਪੈਸ਼ਲ ਕੈਂਪ 7 ਜੂਨ ਨੂੰ
ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ 7 ਜੂਨ ਨੂੰ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾਣਗੇ- ਡੀ.ਸੀ
Publish Date: Fri, 05 Jun 2026 03:53 PM (IST)
Updated Date: Sat, 06 Jun 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਫਰੀਦਕੋਟ ਰਾਹੁਲ ਚਾਬਾ, ਆਈ.ਏ.ਐੱਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਰਾਜ ਵਿੱਚ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪ੍ਰੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ। ਇਸੇ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦੀ ਸਾਲ-2003 ਦੀ ਵੋਟਰ ਸੂਚੀ ਨਾਲ ਮੈਪਿੰਗ ਦੀ ਪ੍ਰਕਿਰਿਆ ਚੱਲ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 493100 ਵੋਟਰ ਹਨ ਅਤੇ ਮੈਪਿੰਗ ਦੀ ਪ੍ਰਕਿਰਿਆ ਤਹਿਤ ਇਹਨਾਂ ਵੇਟਰਾਂ ਵਿੱਚੋਂ ਕੁੱਲ 416850 ਵੋਟਰ ਮੈਪ ਹੋ ਚੁੱਕੇ ਹਨ। ਬਾਕੀ ਵੋਟਰਾਂ ਦੀ ਮੈਪਿੰਗ ਲਈ ਵੋਟਰਾਂ ਤੱਕ ਪਹੁੰਚ ਕਰਨੀ ਜ਼ਰੂਰੀ ਹੈ, ਇਸ ਦੇ ਮੱਦੇਨਜ਼ਰ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ਪਾਸੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪ੍ਰੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਮੈਪਿੰਗ ਦੇ ਸਬੰਧ ਵਿੱਚ ਮਿਤੀ 07 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਜ਼ਿਲ੍ਹੇ ਵਿੱਚ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾਣਗੇ। ਇਹ ਕੈਂਪ ਜ਼ਿਲ੍ਹਾ ਫਰੀਦਕੋਟ ਅਧੀਨ ਵਿਧਾਨ ਸਭਾ ਚੋਣ ਹਲਕੇ 87-ਫਰੀਦਕੋਟ, 88-ਕੋਟਕਪੂਰਾ ਅਤੇ 89- ਜੈਤੋਂ ਵਿਖੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਨਿਗਰਾਨੀ ਹੇਠ ਲਗਾਏ ਜਾਣਗੇ। ਇਸ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਮੌਜੂਦ ਰਹਿਣਗੇ ਅਤੇ ਜਿੰਨ੍ਹਾਂ ਵੋਟਰਾਂ ਦੀ ਮੈਪਿੰਗ ਨਹੀਂ ਹੋ ਸਕੀ, ਉਹਨਾਂ ਵੋਟਰਾਂ ਦੀ ਮੈਪਿੰਗ ਸਬੰਧੀ ਕਾਰਵਾਈ ਕਰਨਗੇ। ਪਾਰਦਰਸ਼ਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ’ਤੇ ਬੀ.ਐੱਲ.ਓਜ਼ ਨਾਲ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ (ਬੀ.ਐੱਲ.ਏ) ਵੀ ਮੌਜੂਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵੋਟਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਹਿੱਸਾ ਲਿਆ ਜਾਵੇ ਅਤੇ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਤੋਂ ਇਲਾਵਾ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਗਠਿਤ ਜ਼ਿਲ੍ਹਾ ਪੱਧਰੀ ਹੈਲਪ ਡੈਸਕ ਅਤੇ ਸ਼ਿਕਾਇਤ ਲਈ ਸ਼ਿਕਾਇਤ ਸੈਲ ਵਿੱਚ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।