- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲ ਬਰਾਸ ਤੇ ਬਲਾੜੀ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਨਕਲਾਬੀ ਸੁਧਾਰ ਕੀਤੇ ਹਨ। ਇਨ੍ਹਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ’ਚ ਅਤਿ-ਆਧੁਨਿਕ ਕਲਾਸ ਰੂਮ ਬਣਾਏ ਗਏ ਹਨ, ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। ਇਹ ਪ੍ਰਗਟਾਵਾ ਕੰਵਰਵੀਰ ਸਿੰਘ ਰਾਏ ਤੇ ਹਲਕਾ ਸੰਗਠਨ ਇੰਚਾਰਜ ਮੋਹਿਤ ਸੂਦ ਨੇ ਸਰਕਾਰੀ ਸਕੂਲ ਬਰਾਸ ਅਤੇ ਬਲਾੜੀ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਬਲਾੜੀ ਕਲਾਂ ਦੇ ਵਿਦਿਆਰਥੀਆਂ ਨੇ ਸਿੱਖਿਆ ਪ੍ਰਾਪਤ ਕਰਕੇ ਕਈ ਉੱਚ ਅਹੁਦੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਜੋ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਬਿਲਕੁਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਨੇ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਤੇ ਪ੍ਰਿੰਸੀਪਲ ਬੱਬਲੀ ਰਾਣੀ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਨਿਭਾ ਰਹੇ ਅਧਿਆਪਕ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਇੰਦਰਜੀਤ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਵਿਧਾਇਕ ਲਖਵੀਰ ਸਿੰਘ ਰਾਏ ਦੇ ਪੀਏ ਸਤੀਸ਼ ਕੁਮਾਰ ਲਟੌਰ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਸਮੁੱਚਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।