- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
- ਫਾਜ਼ਿਲਕਾ ਦੇ ਘੰਟਾ
- ਫਾਜ਼ਿਲਕਾ ਦੇ ਘੰਟਾ ਘਰ ਚੌਕ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ
ਫਾਜ਼ਿਲਕਾ : ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਸਮਰਥਨ ਵਿੱਚ ਵੀਰਵਾਰ ਨੂੰ ਫਾਜ਼ਿਲਕਾ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਦੇ ਨਾਲ ਟਿੱਪਰ ਕਰਮਚਾਰੀਆਂ, ਇਲੈਕਟ੍ਰੀਕਲ ਕਰਮਚਾਰੀਆਂ, ਵਾਟਰ ਸਪਲਾਈ, ਸੀਵਰੇਜ, ਫਾਇਰ ਬ੍ਰਿਗੇਡ, ਫਿਟਰ-ਕੁਲੀ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਲ ਕੱਢ ਕੇ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਲੋਕਾਂ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ। ਰੋਸ ਮਾਰਚ ਤੋਂ ਬਾਅਦ ਸਾਰੇ ਕਰਮਚਾਰੀ ਫਾਜ਼ਿਲਕਾ ਦੇ ਘੰਟਾ ਘਰ ਚੌਕ ਵਿੱਚ ਇਕੱਠੇ ਹੋਏ, ਜਿੱਥੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫ਼ਾਈ, ਪਾਣੀ ਸਪਲਾਈ, ਸੀਵਰੇਜ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਕਰਮਚਾਰੀਆਂ ਨੂੰ ਸਾਂਝਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਪੰਜਾਬ ਮੀਤ ਪ੍ਰਧਾਨ ਫਤੇਹ ਬੋਹਤ ਦੀ ਅਗਵਾਈ ਹੇਠ ਪ੍ਰਧਾਨ ਲਵਲੀ ਵਾਲਮੀਕਿ, ਪ੍ਰਧਾਨ ਸੁਭਾਸ਼ ਚੰਦਰ, ਸਕੱਤਰ ਅਰੁਣ ਦਿਲਵਾਲ, ਨਟਵਰ ਸਾਰਵਣ, ਓਮ ਪ੍ਰਕਾਸ਼, ਸੰਜੇ ਸਾਰਵਣ, ਮੋਹਨ ਲਾਲ, ਵਿਨੈ ਪਰਵਾਨਾ, ਰਿੰਕੂ ਘਟਾਇਰਾ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ। ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਦੁਹਰਾਈ। ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਮੁਸਤੈਦ ਰਿਹਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਘੰਟਾ ਘਰ ਚੌਂਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਪ੍ਰਦਰਸ਼ਨ ਸ਼ਾਂਤੀਪੂਰਵਕ ਸਮਾਪਤ ਹੋਇਆ।