ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Publish Date: Tue, 04 Aug 2026 04:04 PM (IST)
Updated Date: Wed, 05 Aug 2026 04:01 AM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਏਡੀਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰ੍ਹੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰ੍ਹੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਨੇ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰ੍ਹੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ। ਬਾਕਸ-- ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ’ਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ। ਬਾਕਸ--- ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ। ਬਾਕਸ-- ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜ਼ਿਸਟਰ ਵਿੱਚ ਦਰਜ਼ ਕੀਤੀ ਜਾਵੇ। ਰਜ਼ਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ। ਬਾਕਸ--- ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਾਉਣੇ ਲਾਜ਼ਮੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ। ਬਾਕਸ-- ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀਐੱਸਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।