- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀ ਜਗਵਿੰਦਰ ਸਿੰਘ ਨੇ ਗੱਤਕਾ ਮੁਕਾਬਲੇ ’ਚ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿੱਚ ਇੱਕ ਹੋਰ ਮਾਣਮੱਤਾ ਅਧਿਆਏ ਜੋੜ ਦਿੱਤਾ। ਪਿਛਲੇ ਦਿਨੀਂ ਇਹ ਮੁਕਾਬਲਾ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅੰਡਰ-17 ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਵੱਖ-ਵੱਖ ਖਿਡਾਰੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਗੱਤਕਾ ਸਿੱਖ ਮਾਰਸ਼ਲ ਆਰਟ ਦੀ ਇੱਕ ਵਿਲੱਖਣ ਪਰੰਪਰਾ ਹੈ, ਜੋ ਹਿੰਮਤ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਆਤਮ-ਵਿਸ਼ਵਾਸ ਦਾ ਪ੍ਰਤੀਕ ਹੈ। ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕਰਨਾ ਵਿਦਿਆਰਥੀ ਦੀ ਲਗਾਤਾਰ ਮਿਹਨਤ, ਅਭਿਆਸ ਅਤੇ ਸਮਰਪਣ ਨੂੰ ਦਰਸਾਉਂਦਾ ਹੈ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਦਲਜੀਤ ਕੌਰ ਜੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਗੱਤਕੇ ਵਰਗੀਆਂ ਰਵਾਇਤੀ ਖੇਡਾਂ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਹਿੰਮਤ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਗਿੱਲ ਨੇ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਤਮ ਪ੍ਰਦਰਸ਼ਨ ਲਈ ਨਿਰੰਤਰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਿੱਤਾਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਵੀਂ ਉਡਾਣ ਦਿੰਦੀਆਂ ਹਨ ਅਤੇ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀ, ਕੋਚ ਅਤੇ ਮਾਪਿਆਂ ਨੂੰ ਵਧਾਈ ਦਿੱਤੀ।