- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਮੁੱਖ ਮੈਡੀਕਲ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਦੋਲੇਵਾਲਾ ਮਾਇਰ ਵਿਖੇ ਨਸ਼ਾ ਛੁਡਾਊ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਏਡੀਸੀ ਜਸਪਿੰਦਰ ਸਿੰਘ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਪ੍ਰਕਾਸ਼ ਮੂੰਡ ਨੇ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਸ਼ਿਆਂ ਕਾਰਨ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਸਾਈਕੋਲੋਜਿਸਟ ਕੁਲਵੰਤ ਕੌਰ ਨੇ ਨਸ਼ਾ ਪੀੜਤ ਵਿਅਕਤੀਆਂ ਦੀ ਮਾਨਸਿਕ ਸਥਿਤੀ, ਉਨ੍ਹਾਂ ਦੀ ਕਾਊਂਸਲਿੰਗ ਅਤੇ ਇਲਾਜ ਦੌਰਾਨ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਬਾਹਰ ਨਿਕਲਣ ਲਈ ਮਾਨਸਿਕ ਹੌਂਸਲੇ ਦੇ ਨਾਲ-ਨਾਲ ਮਾਹਿਰਾਂ ਦੀ ਸਲਾਹ ਅਤੇ ਨਿਰੰਤਰ ਇਲਾਜ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਡਾਟਾ ਐਂਟਰੀ ਆਪਰੇਟਰ ਨੇ ਵੀ ਕੈਂਪ ਦੌਰਾਨ ਆਪਣੀ ਡਿਊਟੀ ਨਿਭਾਈ। ਸਿਹਤ ਵਿਭਾਗ ਦੀ ਟੀਮ ਵੱਲੋਂ ਹਾਜ਼ਰ ਲੋਕਾਂ ਨੂੰ ਨਸ਼ਾ ਛੁਡਾਊ ਸੇਵਾਵਾਂ ਅਤੇ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ੇ ਦੀ ਲਤ ਨਾਲ ਜੂਝ ਰਿਹਾ ਹੈ ਤਾਂ ਉਸ ਨੂੰ ਲੁਕਾਉਣ ਜਾਂ ਉਸ ਤੋਂ ਦੂਰੀ ਬਣਾਉਣ ਦੀ ਬਜਾਏ ਸਿਹਤ ਵਿਭਾਗ ਦੀ ਮਦਦ ਨਾਲ ਇਲਾਜ ਲਈ ਅੱਗੇ ਲਿਆਂਦਾ ਜਾਵੇ। ਕੈਂਪ ਨੂੰ ਸਫ਼ਲ ਬਣਾਉਣ ਵਿਚ ਯੂਥ ਸੇਵਾਵਾਂ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਏਐੱਨਐੱਮ ਸੁਮਨ ਰਾਣੀ, ਆਸ਼ਾ ਵਰਕਰ ਜਸਵਿੰਦਰ ਕੌਰ ਅਤੇ ਇੰਦਰਜੀਤ ਕੌਰ ਵੀ ਹਾਜ਼ਰ ਸਨ। ਸਮੂਹ ਸਹਿਯੋਗੀਆਂ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।