- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਅਤੇ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡਾਂ ਵਿਚ ਲਗਾਏ ਗਏ ਆਰਓ ਪ੍ਰੋਜੈਕਟ ਅੱਜ ਆਪਣੀ ਹੋਂਦ ਗੁਆਉਂਦੇ ਨਜ਼ਰ ਆ ਰਹੇ ਹਨ। ਕਈ ਪਿੰਡਾਂ ਵਿਚ ਇਹ ਪ੍ਰੋਜੈਕਟ ਬੰਦ ਪਏ ਹੋਣ ਕਾਰਨ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੀ ਸਹੂਲਤ ਪ੍ਰਭਾਵਿਤ ਹੋ ਰਹੀ ਹੈ। ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਨੇ ਲਗਾਉਂਦਿਆਂ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰਓ ਪ੍ਰੋਜੈਕਟ ਸਥਾਪਤ ਕੀਤੇ ਗਏ ਸਨ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਸੀ ਕਿ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸ਼ੁੱਧ ਪਾਣੀ ਦੀ ਸਹੂਲਤ ਮਿਲ ਸਕੇ ਅਤੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਤੋਂ ਬਾਅਦ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਇਨ੍ਹਾਂ ਪ੍ਰੋਜੈਕਟਾਂ ਦੀ ਸਾਂਭ-ਸੰਭਾਲ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਇਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੇ ਮੁਤਾਬਕ ਕਈ ਪਿੰਡਾਂ ਵਿਚ ਆਰਓ ਸਿਸਟਮ ਬੰਦ ਪਏ ਹਨ ਅਤੇ ਸਰਕਾਰੀ ਅਣਦੇਖੀ ਕਾਰਨ ਲੋਕਾਂ ਲਈ ਲਗਾਈ ਗਈ ਇਹ ਸਹੂਲਤ ਚਿੱਟਾ ਹਾਥੀ ਬਣ ਕੇ ਰਹਿ ਗਈ ਹੈ। ਮਾਹਲਾ ਨੇ ਕਿਹਾ ਕਿ ਸਾਫ਼ ਪਾਣੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ ਅਤੇ ਇਸ ਨਾਲ ਲੋਕਾਂ ਦੀ ਸਿਹਤ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਸਰਕਾਰਾਂ ਬਦਲਣ ਨਾਲ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਬੰਦ ਨਹੀਂ ਹੋਣੀਆਂ ਚਾਹੀਦੀਆਂ। ਜਿਹੜੇ ਪ੍ਰੋਜੈਕਟ ਲੋਕਾਂ ਦੇ ਟੈਕਸਾਂ ਦੇ ਪੈਸੇ ਨਾਲ ਸਥਾਪਤ ਕੀਤੇ ਗਏ ਹਨ, ਉਨ੍ਹਾਂ ਨੂੰ ਚਾਲੂ ਰੱਖਣਾ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਦੀ ਮੁਰੰਮਤ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਪਿੰਡਾਂ ਵਿਚ ਬੰਦ ਪਏ ਆਰਓ ਪ੍ਰੋਜੈਕਟਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ, ਖ਼ਰਾਬ ਮਸ਼ੀਨਰੀ ਦੀ ਮੁਰੰਮਤ ਕਰਵਾਈ ਜਾਵੇ ਅਤੇ ਲੋੜੀਂਦੇ ਫੰਡ ਜਾਰੀ ਕਰਕੇ ਇਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਮੁੜ ਮਿਲ ਸਕੇ।