ਨੰਗਲ ਸ਼ਹਿਰ ਨੂੰ ਬਣਾਇਆ ਜਾਵੇਗਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਬੈਂਸ ਨੰਗਲ ਸ਼ਹਿਰ ਨੂੰ ਬਣਾਇਆ ਜਾਵੇਗਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਬੈਂਸ
Publish Date: Sat, 19 Sep 2026 07:38 PM (IST)
Updated Date: Sat, 19 Sep 2026 07:41 PM (IST)
ਪੰਜਾਬੀ ਜਾਗਰਣ ਟੀਮ, ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਰੋਜ਼ਾਨਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਜਾ ਰਿਹਾ ਹੈ। ਮੰਤਰੀ ਬੈਂਸ ਖੁਦ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫਾਈ ਕਰਮਚਾਰੀਆਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਵੱਲੋਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਗੰਦਗੀ, ਕੂੜੇ ਦੇ ਢੇਰ ਅਤੇ ਮਲਬਾ ਇਕੱਠਾ ਨਾ ਹੋਣ ਦਿੱਤਾ ਜਾਵੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਫਾਈ ਸਿਰਫ਼ ਮੁਹਿੰਮ ਤੱਕ ਸੀਮਤ ਨਹੀਂ ਰਹੇਗੀ, ਸਗੋਂ ਸ਼ਹਿਰ ਵਿੱਚ ਨਿਰੰਤਰ ਅਤੇ ਵਿਵਸਥਿਤ ਢੰਗ ਨਾਲ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਨੰਗਲ ਦੇ ਹਰ ਵਾਰਡ, ਗਲੀ ਅਤੇ ਮੁੱਖ ਸੜਕ ਸਮੇਤ ਸ਼ਹਿਰ ਦੇ ਕੋਨੇ-ਕੋਨੇ ਦੀ ਸਫਾਈ ਕੀਤੀ ਜਾ ਰਹੀ ਹੈ। ਕੂੜੇ ਅਤੇ ਮਲਬੇ ਨੂੰ ਤੁਰੰਤ ਚੁਕਵਾਉਣ ਦੇ ਨਾਲ-ਨਾਲ ਅਜਿਹੇ ਸਥਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਜਿੱਥੇ ਵਾਰ-ਵਾਰ ਗੰਦਗੀ ਇਕੱਠੀ ਹੁੰਦੀ ਹੈ, ਤਾਂ ਜੋ ਉੱਥੇ ਸਥਾਈ ਹੱਲ ਕੀਤਾ ਜਾ ਸਕੇ। ਮੰਤਰੀ ਨੇ ਸਫਾਈ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਸਫਾਈ ਸੇਵਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਾ ਕੀਤੀ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਕੂੜਾ ਚੁੱਕਣ, ਮਲਬਾ ਹਟਾਉਣ ਜਾਂ ਸਫਾਈ ਨਾਲ ਸਬੰਧਤ ਹੋਰ ਸਾਧਨਾਂ ਦੀ ਲੋੜ ਹੈ, ਉੱਥੇ ਤੁਰੰਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਸਾਫ਼ ਕੀਤੇ ਗਏ ਸਥਾਨਾਂ ’ਤੇ ਮੁੜ ਕੂੜਾ ਨਾ ਸੁੱਟਣ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨ੍ਹਾਂ ਕਿਸੇ ਵੀ ਸਫਾਈ ਮੁਹਿੰਮ ਨੂੰ ਸਥਾਈ ਸਫਲਤਾ ਨਹੀਂ ਮਿਲ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੰਗਲ ਨੂੰ ਅਜਿਹਾ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ, ਜਿੱਥੇ ਵਸਨੀਕਾਂ ਨੂੰ ਸਾਫ਼ ਵਾਤਾਵਰਨ ਅਤੇ ਬਿਹਤਰ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚੱਲ ਰਹੀ ਮੁਹਿੰਮ ਦੌਰਾਨ ਸਫਾਈ ਦੇ ਨਾਲ-ਨਾਲ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨੰਗਲ ਸ਼ਹਿਰ ਨੂੰ ਸੂਬੇ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਜਾਰੀ ਰਹੇਗਾ।