- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ’ਚ ਐਨਐਸਐਸ ਦਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ’

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਜਿਸ ਦਾ ਮੁੱਖ ਉਦੇਸ਼ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ) ਦੇ ਮਹੱਤਵ,ਇਸ ਦੇ ਮੋਟੋ ‘ਨੌਟ ਮੀ ਬੱਟ ਯੂ’ ਅਤੇ ਇਸ ਦੀਆਂ ਸਮਾਜ ਭਲਾਈ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ। ਡਾ. ਜਗਦੀਪ ਸਿੰਘ ਨੇ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ, ਉਨਾ ਵਿਦਿਆਰਥੀਆਂ ਨੂੰ ਐੱਨਐੱਸਐੱਸ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਕਾਲਜ ਵਿੱਚ ਸਫਾਈ ਮੁਹਿੰਮ, ਰੁੱਖ ਲਗਾਓ ਮੁਹਿੰਮ, ਖੂਨਦਾਨ ਕੈਂਪ, ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਅਤੇ ਸੱਤ ਰੋਜ਼ਾ ਸਪੈਸ਼ਲ ਕੈਂਪ ਲਾਇਆ ਜਾਵੇਗਾ, ਜਿਸ ਵਿੱਚ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਸਿੱਧਾ ਜੁੜਨ ਦਾ ਮੌਕਾ ਮਿਲੇਗਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨ.ਐੱਸ.ਐੱਸ. ਸਿਰਫ਼ ਇੱਕ ਸੰਸਥਾ ਨਹੀਂ ਸਗੋਂ ਸੇਵਾ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਅਤੇ ਐੱਨ.ਐੱਸ.ਐੱਸ. ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਲੀਡਰਸ਼ਿਪ ਅਤੇ ਸ਼ਖਸੀਅਤ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਐਨ.ਐਸ.ਐਸ. ਵਿੱਚ ਵਲੰਟੀਅਰ ਵਜੋਂ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰੋ. ਰਮਨਜੀਤ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਗੁਰਜੀਤ ਕੌਰ,ਪ੍ਰੋਫੈਸਰ ਗੁਰਵਿੰਦਰ ਸਿੰਘ, ਪ੍ਰੋਫੈਸਰ ਸਿਮਰਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਵੀ ਵਿਦਿਆਰਥੀਆਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਐਨਐਸਐਸ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਵਲੰਟੀਅਰ ਬਣਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ।