- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਊਟਸੋਰਸ ਮੁਲਾਜਮਾਂ ਨੇ ਕੀਤਾ ਅਰਥੀ ਫੂਕ ਪ੍ਰਦਰਸ਼ਨ, ਨਾਅਰੇਬਾਜੀ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ
ਆਊਟਸੋਰਸ ਮੁਲਾਜਮ ਜਥੇਬੰਦੀ ਸਿਹਤ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਗੁਰਵਿੰਦਰ ਦੀ ਅਗਵਾਈ ਵਿੱਚ ਕਾਮਿਆਂ ਨੇ ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕਕੇ ਨਾਅਰੇਬਾਜ਼ੀ ਕੀਤੀ। ਆਉਟਸੋਰਸ ਕਾਮੇ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧੇ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਕਾਫੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ’ਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਕੀਤੇ ਜਾਣਗੇ। ਪੁਤਲਾ ਸਾੜਣ ਮੌਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜਿਲ੍ਹਾ ਸੰਗਰੂਰ ਵੱਲੋ ਆਮ ਲੋਕਾਂ ਅਤੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਪੰਫਲੈਂਟ ਵੰਡਕੇ ਆਮ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਬੋਲੇ ਝੂਠਾ ਬਾਰੇ ਜਾਗੂਰਕ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਛੇਤੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਹਾਜ਼ਰ ਸਨ।