ਸੇਵਾ ਕੇਂਦਰਾਂ ਦੀ ਹੜਤਾਲ ਕਾਰਨ ਲੋਕ ਪਰੇਸ਼ਾਨ : ਐਡਵੋਕੇਟ ਖੇੜੀ
ਸੇਵਾ ਕੇਂਦਰਾਂ ਦੀ ਹੜਤਾਲ ਕਾਰਨ ਲੋਕ ਖੱਜਲ-ਖੁਆਰ, ਸਰਕਾਰ ਤੁਰੰਤ ਮੰਗਾਂ ਮੰਨੇ: ਐਡਵੋਕੇਟ ਜਸਵੀਰ ਸਿੰਘ ਖੇੜੀ
Publish Date: Fri, 05 Jun 2026 06:39 PM (IST)
Updated Date: Sat, 06 Jun 2026 04:05 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੂਰੇ ਪੰਜਾਬ ’ਚ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਦਸ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਵਾ ਕੇਂਦਰਾਂ ਦੇ ਕੰਮਕਾਜ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅਪਾਹਜ ਪੈਨਸ਼ਨ, ਫੈਮਿਲੀ ਆਈਡੀ ਨਾਲ ਸਬੰਧਿਤ ਕੰਮ, ਜ਼ਮੀਨੀ ਰਿਕਾਰਡ, ਵੱਖ-ਵੱਖ ਤਰ੍ਹਾਂ ਦੇ ਹਲਫ਼ਨਾਮੇ ਅਤੇ ਹੋਰ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਪਿੰਡਾਂ ਅਤੇ ਕਸਬਿਆਂ ਦੇ ਲੋਕ ਰੋਜ਼ਾਨਾ ਖੱਜਲ-ਖੁਆਰ ਹੋ ਰਹੇ ਹਨ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ ਦੀ ਅਗਵਾਈ ਹੇਠ ਕਸਬਾ ਮਹਿਲ ਕਲਾਂ ਦੇ ਛੀਨੀਵਾਲ ਰੋਡ ਸਥਿਤ ਸੇਵਾ ਕੇਂਦਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਾਅਵੇ ਤਾਂ ਕਰਦੀ ਹੈ, ਪਰ ਹਕੀਕਤ ਇਹ ਹੈ ਕਿ ਹੜਤਾਲ ਕਾਰਨ ਹਜ਼ਾਰਾਂ ਲੋਕ ਆਪਣੇ ਜ਼ਰੂਰੀ ਦਸਤਾਵੇਜ਼ ਬਣਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਐਡਵੋਕੇਟ ਖੇੜੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਅਤੇ ਦਾਖਲਿਆਂ ਲਈ ਲੋੜੀਂਦੇ ਸਰਟੀਫਿਕੇਟ ਨਹੀਂ ਮਿਲ ਰਹੇ, ਬਜ਼ੁਰਗਾਂ ਦੀਆਂ ਪੈਨਸ਼ਨਾਂ ਨਾਲ ਸਬੰਧਤ ਕੰਮ ਰੁਕੇ ਹੋਏ ਹਨ, ਜਦਕਿ ਆਮ ਲੋਕਾਂ ਦੇ ਰੋਜ਼ਾਨਾ ਦੇ ਕਈ ਸਰਕਾਰੀ ਕੰਮ ਅਧੂਰੇ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੇਵਾ ਕੇਂਦਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਸੇਵਾ ਕੇਂਦਰ ਮੁੜ ਚਾਲੂ ਕਰਵਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਖਤਮ ਹੋ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਲੋਕਾਂ ਦਾ ਗੁੱਸਾ ਹੋਰ ਵਧੇਗਾ ਅਤੇ ਵਿਰੋਧੀ ਧਿਰਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਦਰਸ਼ਨ ਸਿੰਘ ਚੁਹਾਣਕੇ, ਦਿਲਾਵਰ ਸਿੰਘ ਹਮੀਦੀ ਅਤੇ ਹੋਰ ਹਾਜ਼ਰ ਆਗੂਆਂ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਕੇ ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।