- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿੰਗਾਈ ਭੱਤੇ ਦੇ ਮਾਮਲੇ ’ਚ ਸਰਕਾਰ ਵੱਲੋਂ ਹਾਈਕੋਰਟ ਤੋਂ ਹੋਰ ਸਮਾਂ ਮੰਗਣਾ ਨਿਰਾਸ਼ਾਜਨਕ: ਪੈਨਸ਼ਨਰ ਆਗੂ

- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ, ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫਤਿਹਚੱਕ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਪੱਟੀ, ਖਡੂਰ ਸਾਹਿਬ, ਭਿੱਖੀਵਿੰਡ ਅਤੇ ਤਰਨਤਾਰਨ ਤਹਿਸੀਲਾਂ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਸਵਰਨ ਸਿੰਘ ਗੋਇੰਦਵਾਲ ਨੇ ਕੀਤੀ ਅਤੇ ਹਾਜ਼ਰ ਮੈਂਬਰਾਂ ਦਾ ਸਵਾਗਤ ਕਰਦਿਆਂ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਇਸ ਮੌਕੇ ਸੇਵਾਮੁਕਤੀ ਉਪਰੰਤ ਅਕਾਲ ਚਲਾਣਾ ਕਰ ਗਏ ਪੈਨਸ਼ਨਰ ਸਾਥੀਆਂ ਮਨਜੀਤ ਸਿੰਘ ਸਭਰਾ, ਰਜਿੰਦਰ ਸਿੰਘ, ਗੁਰਦਿਆਲ ਸਿੰਘ ਅਤੇ ਕਸ਼ਮੀਰ ਸਿੰਘ ਦਾਸੂਵਾਲ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ, ਤਹਿਸੀਲ ਪ੍ਰਧਾਨ ਜੋਧਬੀਰ ਸ਼ਰਮਾ ਅਤੇ ਧਰਮ ਸਿੰਘ ਨੇ ਕਿਹਾ ਕਿ ਪੈਂਡਿੰਗ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਸਰਕਾਰ ਨੂੰ ਵਾਰ-ਵਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹੋਰ ਸਮਾਂ ਮੰਗ ਕੇ ਮਾਮਲੇ ਨੂੰ ਲੰਬਾ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਇਹ ਸਪੱਸ਼ਟ ਹੋਇਆ ਕਿ ਸਰਕਾਰ ਦੇ ਵਕੀਲ ਵੱਲੋਂ ਵਾਰ-ਵਾਰ ਸਟੇਅ ਅਤੇ ਹੋਰ ਸਮਾਂ ਮੰਗਿਆ ਗਿਆ, ਪਰ ਅਦਾਲਤ ਨੇ ਇਸ ਮੰਗ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਿੱਤੀ ਫਰਜ਼ਾਂ ਤੋਂ ਪਿੱਛੇ ਹਟ ਰਹੀ ਹੈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕਾਂ ਦੀ ਅਦਾਇਗੀ ਵਿਚ ਬੇਲੋੜੀ ਦੇਰੀ ਕਰ ਰਹੀ ਹੈ।
ਪੈਨਸ਼ਨਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੈਂਡਿੰਗ ਮਹਿੰਗਾਈ ਭੱਤੇ ਅਤੇ ਹੋਰ ਬਕਾਇਆ ਰਕਮਾਂ ਦੀ ਅਦਾਇਗੀ ਜਲਦੀ ਨਾ ਕੀਤੀ ਤਾਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਸਰਪ੍ਰਸਤ ਸੁਰਜੀਤ ਸਿੰਘ, ਰਸ਼ਪਾਲ ਸਿੰਘ ਰੰਧਾਵਾ, ਜਗਤਾਰ ਸਿੰਘ ਸਰਲੀ, ਵਿਜੇ ਕੁਮਾਰ ਵਿਨਾਇਕ, ਕੁਲਦੀਪ ਸਿੰਘ, ਕੁਲਵੰਤ ਸਿੰਘ, ਹਰਸੁਖਦੇਵ ਸਿੰਘ, ਸੁਰਿੰਦਰ ਸਿੰਘ ਤਰਨਤਾਰਨ, ਅਰਜਨ ਸਿੰਘ ਅਤੇ ਸਰਵਣ ਸਿੰਘ ਰਸੂਲਪੁਰ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਮੀਟਿੰਗ ਵਿਚ ਰਾਕੇਸ਼ ਕੁਮਾਰ ਸ਼ਰਮਾ, ਸੁਭਾਸ਼ ਚੰਦਰ ਸ਼ਰਮਾ, ਵਿਜੇ ਕੁਮਾਰ ਸ਼ਰਮਾ, ਚਰਨਜੀਤ ਸਿੰਘ, ਗੁਰਮੁੱਖ ਸਿੰਘ, ਲਾਲ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਭਜਨ ਸਿੰਘ, ਬਲਰਾਮ ਕੁਮਾਰ, ਹਰਭਜਨ ਸਿੰਘ, ਮੰਗਤ ਰਾਮ, ਪ੍ਰੇਮ ਪ੍ਰਕਾਸ਼, ਪ੍ਰਤਾਪ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਸੁਖਚੈਨ ਸਿੰਘ, ਨਰਿੰਦਰ ਸਿੰਘ, ਭੁਪਿੰਦਰ ਸਿੰਘ ਭੁੱਲਰ, ਸਰੂਪ ਸਿੰਘ, ਬਲਬੀਰ ਸਿੰਘ, ਦਵਿੰਦਰ ਸਿੰਘ, ਹਰਦੀਪ ਕੌਰ ਅਤੇ ਬੇਅੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।