ਸੰਯੁਕਤ ਕਿਸਾਨ ਮੋਰਚੇ ਨੇ ਪੁੱਡਾ ਅਥਾਰਟੀ ਦੇ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ’ਤੇ ਦਖ਼ਲ ਦੀ ਕੋਸ਼ਿਸ਼ ਦਾ ਕੀਤਾ ਵਿਰੋਧ ਸੰਯੁਕਤ ਕਿਸਾਨ ਮੋਰਚੇ ਨੇ ਪੁੱਡਾ ਅਥਾਰਟੀ ਦੇ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ’ਤੇ ਦਖ਼ਲ ਦੀ ਕੋਸ਼ਿਸ਼ ਦਾ ਕੀਤਾ ਵਿਰੋਧ
Publish Date: Fri, 13 Nov 2026 05:14 PM (IST)
Updated Date: Fri, 13 Nov 2026 05:15 PM (IST)
ਕਿਸੇ ਵੀ ਕੀਮਤ ’ਤੇ ਖੰਡ ਮਿੱਲ ਦੀ ਜ਼ਮੀਨ ਵੇਚਣ ਨਹੀਂ ਦਿੱਤੀ ਜਾਵੇਗੀ : ਕਿਸਾਨ ਆਗੂ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਮੁੜ ਚਾਲੂ ਕਰਵਾਉਣ ਤੇ ਇਸ ਦੀ ਜ਼ਮੀਨ ਦੀ ਮਾਲਕੀ ਬਚਾਉਣ ਲਈ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਪੁੱਡਾ ਅਥਾਰਟੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੰਡ ਮਿੱਲ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਅਤੇ ਉਸ ’ਤੇ ਦਖ਼ਲ ਲੈਣ ਦੀ ਕੋਸ਼ਿਸ਼ ਦਾ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੁੱਡਾ ਅਥਾਰਟੀ ਦੇ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਰੈਲੀ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ, ਸੁਖਚੈਨ ਸਿੰਘ ਸਰਹਾਲੀ, ਰਤਨ ਸਿੰਘ ਢੰਡ ਅਤੇ ਸੁਖਦੇਵ ਸਿੰਘ ਮਾਣੋਚਾਹਲ ਨੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਸਹਿਕਾਰੀ ਖੰਡ ਮਿੱਲ ਦੀ ਮਾਲਕੀ ਹੈ ਅਤੇ ਇਸ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 400 ਅਨਾਜ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਵੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਮੰਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੁਰੰਤ ਰੋਕੀ ਜਾਵੇ ਅਤੇ ਮਿੱਲ ਨੂੰ ਮੁੜ ਚਾਲੂ ਕਰਨ ਲਈ ਠੋਸ ਕਦਮ ਚੁੱਕੇ ਜਾਣ। ਇਸ ਮੌਕੇ ਮਨਜੀਤ ਸਿੰਘ ਬੱਗੂ ਜਮਹੂਰੀ ਕਿਸਾਨ ਸਭਾ, ਜੱਸਾ ਸਿੰਘ ਕੱਦਗਿੱਲ ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਮੇਹਰ ਸਿੰਘ ਚੁਤਾਲਾ ਕਿਰਤੀ ਕਿਸਾਨ ਯੂਨੀਅਨ, ਦਵਿੰਦਰ ਸੋਹਲ ਕੁੱਲ ਹਿੰਦ ਕਿਸਾਨ ਸਭਾ ਅਤੇ ਡਾ. ਇੰਦਰਜੀਤ ਸਿੰਘ ਮਰਹਾਣਾ ਕੁੱਲ ਹਿੰਦ ਕਿਸਾਨ ਸਭਾ ਸਮੇਤ ਸੁਖਦੇਵ ਸਿੰਘ ਤੁੜ, ਬਾਬਾ ਮਹਿੰਦਰ ਸਿੰਘ ਵੇਈਂਪੂੰਈਂ, ਰੇਸ਼ਮ ਸਿੰਘ ਫੈਲੋਕੇ, ਮੁਖਤਾਰ ਸਿੰਘ ਮੱਲ੍ਹਾ, ਤਰਲੋਚਨ ਸਿੰਘ ਪ੍ਰੀਤ ਤਰਨਤਾਰਨ, ਸਰਬਜੀਤ ਸਿੰਘ ਬੈਂਕਾਂ, ਚਰਨ ਸਿੰਘ ਬੇਗਮਪੁਰਾ, ਪੰਜਾਬ ਸਿੰਘ ਦੁਗਲਵਾਲਾ, ਦਾਰਾ ਸਿੰਘ ਚੋਹਲਾ, ਸੁਖਜੀਤ ਸਿੰਘ ਲੁਹਾਰ ਅਤੇ ਸਤਪਾਲ ਸਿੰਘ ਨੱਥੋਕੇ ਆਦਿ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ।