ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸਕੱਤਰ ਸਿੰਘ ਸੰਧੂ ਨੇ ਕੀਤੀ ਮੁਲਾਕਾਤ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸਕੱਤਰ ਸਿੰਘ ਸੰਧੂ ਨੇ ਕੀਤੀ ਮੁਲਾਕਾਤ
Publish Date: Fri, 13 Nov 2026 05:29 PM (IST)
Updated Date: Fri, 13 Nov 2026 05:30 PM (IST)
2027 ਦੀਆਂ ਵਿਧਾਨ ਸਭਾ ਚੋਣਾਂ ਤੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਸਬੰਧੀ ਹੋਈ ਚਰਚਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਪੰਜਾਬ ਐੱਨਆਰਆਈ ਕਮਿਸ਼ਨ ਦੇ ਡਾਇਰੈਕਟਰ ਸਕੱਤਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਖਡੂਰ ਸਾਹਿਬ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸਕੱਤਰ ਸਿੰਘ ਸੰਧੂ ਨੇ ਹਲਕੇ ਦੀਆਂ ਜ਼ਮੀਨੀ ਹਕੀਕਤਾਂ, ਲੋਕਾਂ ਦੀਆਂ ਉਮੀਦਾਂ ਅਤੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਬਾਰੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਪੰਜਾਬ ਦੀ ਧਾਰਮਿਕ, ਇਤਿਹਾਸਕ ਅਤੇ ਸਮਾਜਿਕ ਵਿਰਾਸਤ ਦਾ ਅਹਿਮ ਕੇਂਦਰ ਹੈ। ਇਸ ਦੀ ਵਿਲੱਖਣ ਪਛਾਣ ਨੂੰ ਧਿਆਨ ’ਚ ਰੱਖਦਿਆਂ ਇਲਾਕੇ ਦੇ ਵਿਕਾਸ ਲਈ ਭਵਿੱਖੀ ਯੋਜਨਾਵਾਂ ਉਲੀਕਣ ਦੀ ਲੋੜ ਹੈ। ਉਨ੍ਹਾਂ ਐੱਨਆਰਆਈ ਭਾਈਚਾਰੇ ਦੀ ਸਮਰੱਥਾ ਨੂੰ ਹਲਕੇ ਦੇ ਵਿਕਾਸ ਨਾਲ ਜੋੜਨ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ’ਚ ਸੁਧਾਰ ਕਰਨ ਅਤੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਆਪਣੇ ਸੁਝਾਅ ਸਾਂਝੇ ਕੀਤੇ। ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਉੱਚ ਪੱਧਰ ਤਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਇਲਾਕੇ ਦੀ ਤਰੱਕੀ ਲਈ ਠੋਸ ਯਤਨ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਹਲਕੇ ਦੇ ਪਿੰਡਾਂ, ਸ਼ਹਿਰਾਂ ਅਤੇ ਵੱਖ-ਵੱਖ ਸਮਾਜਿਕ ਵਰਗਾਂ ਨਾਲ ਸੰਪਰਕ ਵਧਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਤਾਲਮੇਲ ਕਰਕੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੁਲਾਕਾਤ ਦੌਰਾਨ ਮਿਲੇ ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਲਈ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।